ਪੰਜਾਬ ਸਰਕਾਰ ਵੱਲੋਂ 23 ਸਤੰਬਰ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ (ਕੈਸ਼ਲੈੱਸ) ਇਲਾਜ ਮਿਲ ਸਕੇਗਾ।
ਪਾਇਲਟ ਪ੍ਰਾਜੈਕਟ ਵਜੋਂ ਇਹ ਯੋਜਨਾ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਲਾਗੂ ਹੋਈ ਹੈ। ਇੱਥੇ 128-128 ਕੈਂਪ ਲਗਾ ਕੇ ਲੋਕਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਸਿਰਫ਼ ਆਧਾਰ ਕਾਰਡ, ਵੋਟਰ ਕਾਰਡ ਅਤੇ ਦੋ ਪਾਸਪੋਰਟ ਸਾਈਜ਼ ਫੋਟੋ ਨਾਲ ਲੋਕ ਰਜਿਸਟਰ ਹੋ ਸਕਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਯੋਜਨਾ ਤਹਿਤ 2000 ਤੋਂ ਵੱਧ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਵਿੱਚ ਸਰਕਾਰੀ ਕਰਮਚਾਰੀ, ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰ ਵੀ ਸ਼ਾਮਲ ਹਨ। ਸਰਕਾਰੀ ਹਸਪਤਾਲਾਂ ਦੇ ਨਾਲ 500 ਨਿੱਜੀ ਹਸਪਤਾਲ ਵੀ ਇਸ ਯੋਜਨਾ ਨਾਲ ਜੋੜੇ ਗਏ ਹਨ।
ਮਾਨ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ ਅਤੇ 200 ਹੋਰ ਖੋਲ੍ਹੇ ਜਾਣਗੇ। ਹੁਣ ਇਨ੍ਹਾਂ ਕਲੀਨਿਕਾਂ ਵਿੱਚ 100% ਦਵਾਈਆਂ ਉਪਲਬਧ ਹਨ।
ਉਨ੍ਹਾਂ ਕਿਹਾ ਕਿ ਕਿਸੇ ਵੀ ਰਾਸ਼ਨ ਕਾਰਡ ਨੂੰ ਕੱਟਿਆ ਨਹੀਂ ਜਾਵੇਗਾ। ਹੜ੍ਹਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਤੋਂ 6 ਮਹੀਨਿਆਂ ਦੀ ਛੂਟ ਲਈ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾਵੇਗੀ।